ਨਵੀਂ ਦਿੱਲੀ (ਏਜੰਸੀ) : ਸੁਪਰੀਮ ਕੋਰਟ ਨੇ ਕਰਨਾਟਕ ਦੇ ਕਾਂਗਰਸੀ ਤੇ ਜੇਡੀਐੱਸ ਦੇ ਬਾਗ਼ੀ ਵਿਧਾਇਕਾਂ ਨੂੰ ਉਨ੍ਹਾਂ ਨੂੰ ਅਯੋਗ ਠਹਿਰਾਏ ਜਾਣ ਨੂੰ ਚੁਣੌਤੀ ਦੇਣ ਵਾਲੀ ਆਪਣੀ ਪਟੀਸ਼ਨ 'ਤੇ ਛੇਤੀ ਸੁਣਵਾਈ ਦੀ ਮੰਗ ਸਬੰਧੀ ਯਾਦ ਪੱਤਰ ਰਜਿਸਟਰਾਰ ਨੂੰ ਸੌਂਪਣ ਦਾ ਨਿਰਦੇਸ਼ ਦਿੱਤਾ। ਸੂੁਬਾਈ ਵਿਧਾਨ ਸਭਾ ਦੇ ਸਪੀਕਰ ਨੇ ਬਾਗੀ ਵਿਧਾਇਕਾਂ ਨੂੰ ਅਯੋਗ ਠਹਿਰਾਇਆ ਹੈ। ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਬਾਗੀ ਵਿਧਾਇਕਾਂ ਵਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਇਸ ਮਾਮਲੇ ਦਾ ਜ਼ਿਕਰ ਕਰਦੇ ਹੋਏ ਇਸਨੂੰ ਛੇਤੀ ਸੂਚੀਬੱਧ ਕਰਨ ਦੀ ਅਪੀਲ ਕੀਤੀ। ਇਸ 'ਤੇ ਬੈਂਚ ਨੇ ਕਿਹਾ ਕਿ ਇਸ ਸਬੰਧੀ ਰਜਿਸਟਰਾਰ ਨੂੰ ਯਾਦ ਪੱਤਰ ਦਿੱਤਾ ਜਾਵੇ। ਰੋਹਤਗੀ ਨੇ ਬੈਂਚ ਨੂੰ ਕਿਹਾ ਕਿ ਇਨ੍ਹਾਂ ਸਾਰੇ ਵਿਧਾਇਕਾਂ ਨੂੰ ਅਯੋਗ ਠਹਿਰਾ ਦਿੱਤਾ ਗਿਆ ਅਤੇ ਉਨ੍ਹਾਂ ਦੇ ਮਾਮਲੇ ਨੂੰ 19 ਅਗਸਤ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਜਾਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਤੱਤਕਾਲੀ ਮੁੱਖ ਮੰਤਰੀ ਐੱਚਡੀ ਕੁਮਾਰ ਸਵਾਮੀ ਦੇ ਭਰੋਸੇ ਦੇ ਮਤੇ 'ਤੇ 29 ਜੁਲਾਈ ਨੂੰ ਮਤਦਾਨ ਤੋਂ ਪਹਿਲਾਂ ਵਿਧਾਨ ਸਭਾ ਦੇ ਸਪੀਕਰ ਨੇ 17 ਵਿਧਾਇਕਾਂ ਨੂੰ ਅਯੋਗ ਠਹਿਰਾ ਦਿੱਤਾ ਸੀ। ਸਦਨ 'ਚ ਸ਼ਕਤੀ ਪ੍ਰਰੀਖਣ 'ਚ ਸਫਲ ਨਹੀਂ ਹੋਣ ਦੇ ਕਾਰਨ ਕੁਮਾਰ ਸਵਾਮੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਇਸ ਤੋਂ ਬਾਅਦ ਸੂਬੇ 'ਚ ਬੀਐੱਸ ਯੇਦੀਯੁਰੱਪਾ ਦੀ ਅਗਵਾਈ 'ਚ ਭਾਜਪਾ ਦੀ ਸਰਕਾਰ ਬਣੀ।

ਕਾਂਗਰਸ ਦੇ ਦੋ ਬਾਗ਼ੀ ਵਿਧਾਇਕ ਰਮੇਸ਼ ਐੱਲ ਜਾਰਾਖਿਹੋਲੀ ਤੇ ਮਹੇਸ਼ ਕੁਮਾਰਥੱਲੀ ਤੇ ਇਕ ਆਜ਼ਾਦ ਨੇਤਾ ਆਰ ਸ਼ੰਕਰ ਨੂੰ 25 ਜੁਲਾਈ ਨੂੰ ਅਯੋਗ ਠਹਿਰਾਇਆ ਗਿਆ ਸੀ। ਇਨ੍ਹਾਂ ਵਿਧਾਇਕਾਂ ਨੇ 29 ਜੁਲਾਈ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ। ਤੱਤਕਾਲੀ ਵਿਧਾਨ ਸਭਾ ਦੇ ਸਪੀਕਰ ਰਮੇਸ਼ ਕੁਮਾਰ ਨੇ ਹੋਰ 14 ਬਾਗ਼ੀ ਵਿਧਾਇਕਾਂ ਨੂੰ 28 ਜੁਲਾਈ ਨੂੰ ਅਯੋਗ ਠਹਿਰਾਇਆ।