ਯਕਮੁਸ਼ਤ ਖੇਤੀ ਕਰਜ਼ਾ ਮਾਫ਼ੀ ਦੀ ਮੰਗ ਮੁੜ ਕੇਂਦਰ ਕੋਲ ਚੁੱਕੀ

Updated on: Thu, 17 May 2018 07:21 PM (IST)
  

— ਸਮਾਜਿਕ-ਆਰਥਿਕ ਬੇਚੈਨੀ ਤੋਂ ਬਚਣ ਲਈ ਤੁਰੰਤ ਦਖਲ ਦੇਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

—ਕੌਮੀ ਪੱਧਰ 'ਤੇ ਖੇਤੀਬਾੜੀ ਕਰਜ਼ਾ ਮਾਫ਼ੀ ਬਾਰੇ ਪਹਿਲ ਦੇ ਆਧਾਰ 'ਤੇ ਵਿਚਾਰ ਕੀਤਾ ਜਾਣਾ ਚਾਹੀਦਾ

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦਾ ਯਕਮੁਸ਼ਤ ਖੇਤੀ ਕਰਜ਼ਾ ਮਾਫ਼ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਲਈ ਰਾਸ਼ਟਰੀ ਪੱਧਰ 'ਤੇ ਕਰਜ਼ਾ ਮਾਫ਼ੀ ਸਕੀਮ ਬਾਰੇ ਸੂਬਾ ਸਰਕਾਰ ਵੱਲੋਂ ਵਾਰ-ਵਾਰ ਕੀਤੀਆਂ ਗਈਆਂ ਬੇਨਤੀਆਂ ਦੇ ਬਾਵਜੂਦ ਇਸ ਸਬੰਧ ਵਿਚ ਕੋਈ ਉਤਸ਼ਾਹਜਨਕ ਹੁੰਗਾਰਾ ਨਹੀਂ ਮਿਲਿਆ। ਉਨ੍ਹਾਂ ਉਪਜੀਵਕਾ ਦੇ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਯਕਮੁਸ਼ਤ ਰਾਹਤ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰਜ਼ੇ ਦੇ ਲਗਾਤਾਰ ਦਬਾਅ ਕਾਰਨ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦੀ ਗਿਣਤੀ ਵਧ ਰਹੀ ਹੈ ਤੇ ਉਨ੍ਹਾਂ 'ਚ ਵੱਡੇ ਪੱਧਰ 'ਤੇ ਬੇਚੈਨੀ ਫੈਲ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਇਸ ਮੁੱਦੇ 'ਤੇ ਤੁਰੰਤ ਧਿਆਨ ਦਿੱਤੇ ਜਾਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਕੌਮੀ ਪੱਧਰ 'ਤੇ ਖੇਤੀਬਾੜੀ ਕਰਜ਼ਾ ਮਾਫ਼ੀ ਬਾਰੇ ਪਹਿਲ ਦੇ ਆਧਾਰ 'ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਘਟਾਉਣੀਆਂ ਚਾਹੀਦੀਆਂ ਹਨ। ਇਸ ਲਈ ਖੇਤੀਬਾੜੀ ਸੈਕਟਰ ਨੂੰ ਜ਼ਿਆਦਾ ਲਚਕੀਲਾ ਤੇ ਆਰਥਿਕਤਾ ਨੂੰ ਪੁਨਰ ਉਥਾਨ ਵਾਲੀ ਬਣਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਲਿਖਿਆ ਹੈ ਕਿ ਸੂਬਾ ਸਰਕਾਰ ਨੇ ਆਪਣੇ ਸਿਰ 'ਤੇ ਸਾਰੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਦੋ ਲੱਖ ਰੁਪਏ ਦੇ ਸੰਸਥਾਈ ਕਰਜ਼ੇ ਦੀ ਮਾਫ਼ੀ ਦੀ ਰਾਹਤ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਸੀ। ਸੂਬਾ ਸਰਕਾਰ ਵੱਲੋਂ 8.75 ਲੱਖ ਕਿਸਾਨਾਂ ਜਿਨ੍ਹਾਂ ਦੇ 10.21 ਲੱਖ ਫਸਲੀ ਕਰਜ਼ਾ ਖਾਤੇ ਹਨ, ਨੂੰ ਤਕਰੀਬਨ 9500 ਕਰੋੜ ਰੁਪਏ ਦੀ ਕੁੱਲ ਕਰਜ਼ਾ ਰਾਹਤ ਮੁਹੱਈਆ ਕਰਵਾਈ ਜਾਵੇਗੀ। ਇਸ ਸਮੇਂ ਤਕ 2.02 ਲੱਖ ਕਿਸਾਨਾਂ ਨੂੰ 999.67 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਜਾ ਚੁੱਕੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪਹਿਲਕਦਮੀ ਕਿਸਾਨਾਂ 'ਤੇ ਪੈਦਾ ਹੋਏ ਦਬਾਅ ਨੂੰ ਘੱਟ ਕਰਨ ਦੀ ਇਕ ਕੋਸ਼ਿਸ ਹੈ। ਖੇਤੀਬਾੜੀ ਸੈਕਟਰ ਨੂੰ ਉੱਚ ਵਿਕਾਸ ਤੇ ਵਾਧੇ 'ਚ ਲਿਆਉਣ ਨਾਲ ਹੀ ਦੇਸ਼ ਦੇ ਕਿਸਾਨਾਂ ਨੂੰ ਮਿਆਰੀ ਜੀਵਨ ਮੁਹੱਈਆ ਕਰਵਾਇਆ ਜਾ ਸਕਦਾ ਹੈ। ਇਸ ਲਈ ਰਾਸ਼ਟਰੀ ਪੱਧਰ 'ਤੇ ਕਿਸਾਨਾਂ ਨੂੰ ਯਕਮੁਸ਼ਤ ਖੇਤੀ ਕਰਜ਼ਾ ਮਾਫ਼ੀ ਦਿੱਤੇ ਜਾਣਾ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ 'ਚ ਇਨ੍ਹਾਂ ਕਿਸਾਨਾਂ ਨੇ ਸੂਬੇ ਦੇ ਸੰਸਥਾਗਤ ਬੁਨਿਆਦੀ ਢਾਂਚੇ ਅਤੇ ਨਿਵੇਸ਼ ਅਤੇ ਢੁੱਕਵੀਆਂ ਨੀਤੀਆਂ ਦੇ ਸਹਿਯੋਗ ਨਾਲ ਨਵੀਆਂ ਤਕਨੀਕਾਂ ਅਪਣਾਈਆਂ ਹਨ ਤਾਂ ਕਿ ਵੱਧ ਤੋਂ ਵੱਧ ਅਨਾਜ ਪੈਦਾ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਆਖਿਆ ਕਿ ਪਿਛਲੇ ਤਿੰਨ-ਚਾਰ ਸਾਲਾਂ 'ਚ ਮੌਸਮੀ ਤਬਦੀਲੀਆਂ ਕਾਰਨ ਕਿਸਾਨਾਂ ਦੀ ਆਰਥਿਕ ਸਥਿਤੀ ਹੋਰ ਖ਼ਰਾਬ ਹੋਈ ਹੈ। 2014 ਦੀ ਸਾਉਣੀ ਦੌਰਾਨ ਸੋਕਾ ਪੈਣ ਕਰ ਕੇ ਕਿਸਾਨਾਂ ਨੂੰ ਆਪਣੀ ਝੋਨੇ ਦੀ ਫਸਲ ਪਾਲਣ ਲਈ ਵਾਧੂ ਖ਼ਰਚਾ ਕਰਨਾ ਪਿਆ ਸੀ। ਇਸੇ ਤਰ੍ਹਾਂ ਸਾਲ 2014-15 ਦੀ ਹਾੜ੍ਹੀ ਰੁੱਤ ਦੌਰਾਨ ਬੇਵਕਤੀ ਮੀਂਹ ਦਾ ਕਣਕ ਦੀ ਪੈਦਾਵਾਰ 'ਤੇ ਮਾੜਾ ਅਸਰ ਹੋਇਆ ਜਿਸ ਨਾਲ ਕਿਸਾਨਾਂ ਨੂੰ ਕਣਕ ਦੇ ਝਾੜ ਦਾ 10-15 ਫ਼ੀਸਦੀ ਦਾ ਘਾਟਾ ਸਹਿਣਾ ਪਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ 2015 ਦੀ ਸਾਉਣੀ ਰੁੱਤ ਦੌਰਾਨ ਫਿਰ ਚਿੱਟੀ ਮੱਖੀ ਦੇ ਹਮਲੇ ਨਾਲ ਨਰਮੇ ਦੀ ਫਸਲ ਬਰਬਾਦ ਹੋ ਗਈ ਸੀ ਅਤੇ ਇਸ ਸਮੇਂ ਦੌਰਾਨ ਹੀ ਆਲੂ, ਗੰਨਾ ਅਤੇ ਬਾਸਮਤੀ ਦੇ ਕਾਸ਼ਤਕਾਰਾਂ ਨੂੰ ਫਸਲਾਂ ਦੀਆਂ ਕੀਮਤਾਂ ਬਹੁਤ ਘੱਟ ਹੋਣ ਦਾ ਖਾਮਿਆਜਾ ਭੁਗਤਣਾ ਪਿਆ ਸੀ।

ਮੋਬਾਈਲ ‘ਤੇ ਤਾਜਾ ਖਬਰਾਂ, ਫੋਟੋ, ਵੀਡੀਓ ਅਤੇ ਲਾਈਵ ਸਕੋਰ ਦੇਖਣ ਲਈ ਜਾਓ m.jagran.com ‘ਤੇ

Tags: 

Web Title: î¹µÖ î¿åðÆ