ਜੇਐੱਨਐੱਨ, ਮੋਹਾਲੀ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਦਿਆਲ ਸਿੰਘ ਕੋਲਿਆਂਵਾਲੀ ਨੂੰ ਵੀਰਵਾਰ ਮੋਹਾਲੀ ਦੀ ਅਦਾਲਤ ਵੱਲੋਂ ਕੋਈ ਰਾਹਤ ਨਹੀਂ ਮਿਲੀ। ਅਦਾਲਤ ਨੇ ਆਮਦਨ ਦੇ ਜ਼ਾਹਰ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲੇ 'ਚ ਕੋਲਿਆਂਵਾਲੀ ਦੀ ਪੱਕੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਇਸ ਤੋਂ ਪਹਿਲਾਂ 4 ਦਸੰਬਰ ਨੂੰ ਆਪਣੇ ਵਕੀਲ ਜ਼ਰੀਏ ਮੋਹਾਲੀ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿਚ ਕੋਲਿਆਂਵਾਲੀ ਨੇ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ ਪਰ ਅਦਾਲਤ ਨੇ ਇਸ ਨੂੰ ਮਨਜ਼ੂਰ ਨਹੀਂ ਸੀ ਕੀਤਾ। ਅਦਾਲਤ ਦਾ ਕਹਿਣਾ ਸੀ ਕਿ ਦਿਆਲ ਸਿੰਘ ਕੋਲਿਆਂਵਾਲੀ ਦੀ ਹਾਜ਼ਰੀ ਅਦਾਲਤ ਵਿਚ ਲਾਜ਼ਮੀ ਹੈ ਇਸ ਲਈ ਵੀਰਵਾਰ ਨੂੰ ਉਹ ਆਪਣੇ ਵਕੀਲ ਨਾਲ ਅਦਾਲਤ ਵਿਚ ਪੁੱਜੇ ਜਿੱਥੇ ਉਨ੍ਹਾਂ ਨੇ ਪੱਕੀ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ ਜਿਸ ਨੂੰ ਦੇਰ ਸ਼ਾਮ ਅਦਾਲਤ ਨੇ ਰੱਦ ਕਰ ਦਿੱਤਾ। ਜ਼ਿਕਰਯੋਗ ਹੈ ਕਿ ਆਮਦਨ ਤੋਂ ਜ਼ਿਆਦਾ ਜਾਇਦਾਦ ਮਾਮਲੇ 'ਚ ਸੁਪਰੀਮ ਕੋਰਟ ਨੇ ਵੀ 30 ਨਵੰਬਰ ਨੂੰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ ਤੇ ਅਦਾਲਤ ਨੇ ਕੋਲਿਆਂਵਾਲੀ ਨੂੰ ਇਕ ਹਫ਼ਤੇ ਦੇ ਅੰਦਰ ਆਤਮ ਸਮਰਪਣ ਕਰਨ ਲਈ ਕਿਹਾ ਸੀ।

-------------------------