ਇਸਲਾਮਾਬਾਦ (ਪੀਟੀਆਈ) : ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਸਲ ਨੇ ਵੀਰਵਾਰ ਨੂੰ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਪਿੱਛੋਂ ਪਾਕਿਸਤਾਨ ਕਸ਼ਮੀਰ ਮੁੱਦੇ ਨੂੰ ਨਹੀਂ ਛੱਡੇਗਾ। ਮੁਹੰਮਦ ਫੈਸਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲੇ ਕਰਤਾਰਪੁਰ ਲਾਂਘੇ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਵੇਖਦਿਆਂ ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਮਨਜ਼ੂਰੀ ਦਿੱਤੀ ਹੈ ਪ੍ਰੰਤੂ ਅਸੀਂ ਕਸ਼ਮੀਰ ਮੁੱਦੇ ਨੂੰ ਪਿੱਛੇ ਨਹੀਂ ਸੁੱਟਾਂਗੇ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਮਤੇ ਮੁਤਾਬਕ ਕਸ਼ਮੀਰ ਮਸਲੇ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਵੱਲੀ ਗੱਲਬਾਤ ਭਾਰਤ ਦੇ ਰਾਜ਼ੀ ਹੋਣ ਪਿੱਛੋਂ ਹੀ ਸ਼ੁਰੂ ਕੀਤੀ ਜਾਵੇਗੀ।