ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ ਅਤੇ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਫਿਰੋਜ਼ਪੁਰ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬਿਜਲੀ ਮੁਲਾਜ਼ਮਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ। ਵਿੱਤ ਮੰਤਰੀ ਦੇ ਫਿਰੋਜ਼ਪੁਰ ਪਹੁੰਚਣ 'ਤੇ ਬਿਜਲੀ ਮੁਲਾਜ਼ਮਾਂ ਨੇ ਉਨ੍ਹਾਂ ਦਾ ਘਿਰਾਓ ਕਰਦਿਆਂ ਕਾਲੀਆਂ ਝੰਡੀਆਂ ਦਿਖਾਈਆਂ। ਇਸ ਦੌਰਾਨ ਪੁਲਿਸ ਵੱਲੋਂ ਬਿਜਲੀ ਮੁਲਾਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਵਿੱਤ ਮੰਤਰੀ ਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਭੜਾਸ ਕੱਢੀ।

ਬਿਜਲੀ ਮੁਲਾਜ਼ਮਾਂ ਨੇ ਰੋਸ ਜ਼ਾਹਿਰ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰ ਨੂੰ ਸੱਤਾ ਵਿਚ ਆਇਆਂ ਕਰੀਬ ਦੋ ਸਾਲ ਹੋ ਗਏ ਹਨ ਪਰ ਸਰਕਾਰ ਨੇ ਮੁਲਾਜ਼ਮਾਂ ਨਾਲ ਚੋਣਾਂ ਵਿਚ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਹਰ ਵਾਅਦੇ ਤੋਂ ਭੱਜਦੀ ਨਜ਼ਰ ਆ ਰਹੀ ਹੈ। ਬਿਜਲੀ ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨਾ ਤਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਰਹੀ ਹੈ ਅਤੇ ਨਾ ਹੀ ਕੱਚੇ ਕਾਮਿਆਂ ਨੂੰ ਪੱਕਾ ਕਰ ਰਹੀ ਹੈ। ਬਿਜਲੀ ਮੁਲਾਜ਼ਮਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਚਿਤਾਵਨੀ ਦਿੰਦਿਆ ਆਖਿਆ ਕਿ ਜਦੋਂ ਤਕ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰ ਕੇ ਲਾਗੂ ਨਹੀਂ ਕਰਦੀ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਹਰੇਕ ਮੰਤਰੀ ਦੇ ਨਾਲ-ਨਾਲ ਮੁੱਖ ਮੰਤਰੀ ਦਾ ਹਰੇਕ ਰੈਲੀ ਵਿਚ ਵਿਰੋਧ ਕੀਤਾ ਜਾਵੇਗਾ। ਬਿਜਲੀ ਮੁਲਾਜ਼ਮਾਂ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਵੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।