ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ 1984 ਦੇ ਕਾਤਲਾਂ ਦੀਆਂ ਜ਼ਮਾਨਤਾਂ ਦੇ ਮਾਮਲੇ 'ਤੇ ਮੁੜ ਵਿਚਾਰ ਕਰੇ। ਉਨ੍ਹਾਂ ਕਿਹਾ ਕਿ ਸਿੱਖ ਨਸਲਕੁਸ਼ੀ ਦੇ 4 ਦੋਸ਼ੀਆਂ ਨੂੰ ਜ਼ਮਾਨਤਾਂ ਦੇਣ ਨਾਲ ਪੂਰੀ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਇਸ ਤਰ੍ਹਾਂ ਦੇ ਫ਼ੈਸਲੇ ਨਾਲ ਸਿੱਖਾਂ ਨੂੰ ਆਪਣੇ ਹੀ ਦੇਸ਼ ਵਿਚ ਰਹਿੰਦਿਆਂ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਪਹਿਲਾਂ ਸੀਬੀਆਈ ਵਲੋਂ ਬਰਗਾੜੀ ਬੇਅਦਬੀ ਕਾਂਡ ਬਾਰੇ ਦਾਖਲ ਕੀਤੀ ਗਈ ਕਲੋਜ਼ਰ ਰਿਪੋਰਟ ਬਾਰੇ ਰੋਸ ਵਜੋਂ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਵਿਖੇ ਮੰਗ ਪੱਤਰ ਦੇਣ ਜਾ ਰਹੀਆਂ ਸਿੱਖ ਜਥੇਬੰਦੀਆਂ 'ਤੇ ਚੰਡੀਗੜ੍ਹ ਪੁਲਿਸ ਨੇ ਬੇਰਹਿਮੀ ਨਾਲ ਕਾਰਵਾਈ ਕਰਦਿਆਂ ਹੰਝੂ ਗੈਸ ਦੇ ਗੋਲੇ ਦਾਗੇ ਅਤੇ ਪਾਣੀ ਦੀਆਂ ਤੋਪਾਂ ਚਲਾ ਕੇ ਅਨੇਕਾਂ ਸਿੱਖ ਆਗੂਆਂ ਦੀਆਂ ਦਸਤਾਰਾਂ ਸੜਕ 'ਤੇ ਰੋਲੀਆਂ ਅਤੇ ਹੁਣ 1984 ਦੇ ਕਾਤਲਾਂ ਨੂੰ ਜ਼ਮਾਨਤਾਂ ਦੇ ਕੇ ਸਿੱਖ ਹਿਰਦਿਆਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਵਾਲਾ ਕੰਮ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਸਜ਼ਾ ਭੁਗਤ ਰਹੇ ਸਿੱਖਾਂ ਨੂੰ ਸਰਕਾਰ ਅਜੇੇ ਤੱਕ ਰਿਹਾਅ ਕਰਨ ਦਾ ਨਾਂ ਨਹੀਂ ਲੈ ਰਹੀ ਪਰ 1984 ਦੇ ਕਾਤਲਾਂ ਨੂੰ ਜ਼ਮਾਨਤਾਂ ਦੇਣਾ ਸਿੱਖ ਕੌਮ ਨਾਲ ਵੱਡਾ ਧ੍ਰੋਹ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਕ ਪੈਨਲ ਬਣਾ ਕੇ ਇਨ੍ਹਾਂ ਕੇਸਾਂ ਦੀ ਪੈਰਵਾਈ ਕਰਨ ਬਾਰੇ ਹਦਾਇਤਾਂ ਦਿੱਤੀਆਂ ਹਨ ਤਾਂ ਕਿ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਮਿਲੀਆਂ ਜ਼ਮਾਨਤਾਂ ਰੱਦ ਕਰਵਾਉਣ ਅਤੇ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾ ਸਕੇ।