ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ਹਿਰੀ ਥਾਣਾ, ਫਿਰੋਜਪੁਰ ਵਿਖੇ ਤਾਇਨਾਤ ਏਐੱਸਆਈ ਮੇਜਰ ਸਿੰਘ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏਐੱਸਆਈ ਨੂੰ ਸ਼ਿਕਾਇਤਕਰਤਾ ਨਸੀਬ ਸਿੰਘ ਵਾਸੀ ਪਿੰਡ ਸੱਦੂ ਸ਼ਾਹ ਵਾਲਾ, ਜਿਲਾ ਫਿਰੋਜ਼ਪੁਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੁਲਿਸ ਕੇਸ ਵਿਚ ਸ਼ਾਮਲ ਵਿਰੋਧੀ ਧਿਰ ਦੇ ਦਰਸ਼ਨ ਸਿੰਘ ਅਤੇ ਅਮਰੀਕ ਸਿੰਘ ਖਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕਰਨ ਅਤੇ ਇਸ ਕੇਸ ਵਿਚ ਉਸ ਦੀ ਮਦਦ ਕਰਨ ਬਦਲੇ ਏਐਸਆਈ ਵਲੋਂ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 8,000 ਰੁਪਏ ਵਿਚ ਤੈਅ ਹੋਇਆ ਹੈ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Posted By: Jagjit Singh