ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕੇਂਦਰੀ ਫੂਡ ਪ੍ਰਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ 'ਚ ਇਕ ਮਨਰੇਗਾ ਮਾਫ਼ੀਆ ਨੇ ਲੁੱਟ ਮਚਾ ਰੱਖੀ ਹੈ, ਜਿਹੜਾ ਕਿ ਗ਼ਰੀਬ ਕਿਸਾਨਾਂ ਅਤੇ ਮਜ਼ਦੂਰਾਂ ਲਈ ਆਉਣ ਵਾਲੇ ਕੇਂਦਰੀ ਫੰਡਾਂ 'ਚ ਵੱਡਾ ਘਪਲਾ ਕਰ ਰਿਹਾ ਹੈ। ਉਨ੍ਹਾਂ ਕੇਂਦਰੀ ਦਿਹਾਤੀ ਵਿਕਾਸ ਮੰਤਰੀ ਨਰੇਂਦਰ ਤੋਮਰ ਨੂੰ ਇਸ ਧੋਖਾਧੜੀ ਲਈ ਜ਼ਿੰਮੇਵਾਰ ਕਾਂਗਰਸੀ ਅਹੁਦੇਦਾਰਾਂ ਅਤੇ ਅਧਿਕਾਰੀਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ।

ਇਸ ਸਬੰਧੀ ਦਿਹਾਤੀ ਵਿਕਾਸ ਮੰਤਰੀ ਨੂੰ ਲਿਖੇ ਇਕ ਪੱਤਰ 'ਚ ਕੇਂਦਰੀ ਮੰਤਰੀ ਨੇ ਕਿਹਾ ਕਿ ਅਖੌਤੀ ਭਿ੍ਸ਼ਟ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਕਾਂਗਰਸੀ ਅਹੁਦੇਦਾਰਾਂ ਵੱਲੋਂ ਗ਼ਰੀਬ ਕਿਸਾਨਾਂ ਤੇ ਮਜ਼ਦੂਰਾਂ ਲਈ ਆਉਂਦੇ ਕੇਂਦਰੀ ਫੰਡਾਂ 'ਚ ਹੇਰਾਫੇਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਸੂਬੇ 'ਚ ਇਸ ਸਕੀਮ 'ਤੇ ਬਹੁਤ ਹੀ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ 22 ਜ਼ਿਲ੍ਹਿਆਂ ਦੇ 65 ਪਿੰਡਾਂ 'ਚ ਕੀਤੇ ਇਕ ਯੂਜੀਸੀ ਅਧਿਐਨ ਮੁਤਾਬਕ ਇਸ ਸਕੀਮ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ ਹੈ ਅਤੇ ਇਹ ਸਕੀਮ ਸਾਲ ਵਿਚ 100 ਦਿਨਾਂ ਦੀ ਥਾਂ ਔਸਤਨ 20 ਤੋਂ 23 ਦਿਨ ਹੀ ਰੁਜ਼ਗਾਰ ਮੁਹੱਈਆ ਕਰ ਸਕਦੀ ਹੈ। ਹਰਸਿਮਰਤ ਨੇ ਕਿਹਾ ਕਿ ਲਾਭਪਾਤਰੀਆਂ ਨੂੰ ਜੌਬ ਕਾਰਡ ਲੈਣ ਵਾਸਤੇ ਰਿਸ਼ਵਤ ਤਕ ਦੇਣੀ ਪਈ ਤੇ ਬਹੁਤ ਸਾਰੇ ਕੇਸਾਂ 'ਚ ਅਜਿਹੇ ਜੌਬ ਕਾਰਡ ਰਸੂਖਵਾਨ ਕਿਸਾਨਾਂ ਦੇ ਨਾਂ 'ਤੇ ਬਣਾਏ ਗਏ। ਦਿਹਾਤੀ ਵਿਕਾਸ ਮੰਤਰੀ ਨੂੰ ਇਸ ਮਾਮਲੇ 'ਚ ਤੁਰੰਤ ਦਖ਼ਲ ਦੇਣ ਦੀ ਅਪੀਲ ਕਰਦਿਆਂ ਹਰਸਿਮਰਤ ਨੇ ਕਿਹਾ ਕਿ ਕੇਂਦਰੀ ਫੰਡਾਂ ਦੀ ਦੁਰਵਰਤੋਂ ਕਰਨ ਵਾਲੇ ਸਾਰੇ ਵਿਅਕਤੀਆਂ ਖ਼ਿਲਾਫ ਮੁਕੱਦਮੇ ਦਰਜ ਕੀਤੇ ਜਾਣੇ ਚਾਹੀਦੇ ਹਨ।

ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਬਠਿੰਡਾ ਸੰਸਦੀ ਹਲਕੇ 'ਚ ਪੈਂਦੇ ਬੁਢਲਾਡਾ, ਬਠਿੰਡਾ ਦਿਹਾਤੀ ਤੇ ਭੁੱਚੋ ਇਲਾਕਿਆਂ ਤੋਂ ਇਲਾਵਾ ਫਰੀਦਕੋਟ ਜ਼ਿਲ੍ਹੇ 'ਚ ਮਨਰੇਗਾ ਦੇ ਕੰਮਾਂ ਦੀ ਜਾਂਚ ਕਰਨ ਦੀ ਵੀ ਅਪੀਲ ਕੀਤੀ, ਕਿਉਂਕਿ ਇਹਨਾਂ ਇਲਾਕਿਆਂ 'ਚੋਂ ਸਰਪੰਚਾਂ ਅਤੇ ਸਥਾਨਕ ਕਾਂਗਰਸੀ ਆਗੂਆਂ ਦੀ ਮਿਲੀਭੁਗਤ ਨਾਲ ਸਰਕਾਰੀ ਅਧਿਕਾਰੀਆਂ ਵੱਲੋਂ ਮਨਰੇਗਾ ਫੰਡਾਂ ਦੀ ਵੱਡੇ ਪੱਧਰ 'ਤੇ ਦੁਰਵਰਤੋਂ ਕਰਨ ਦੀਆਂ ਸ਼ਿਕਾਇਤਾਂ ਆਈਆਂ ਹਨ।