ਜੈ ਸਿੰਘ ਛਿੱਬਰ, ਚੰਡੀਗੜ੍ਹ : ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਪਨਬੱਸ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ ਹੈ। ਮੁਲਾਜ਼ਮਾਂ ਵੱਲੋਂ ਆਜ਼ਾਦੀ ਦਿਵਸ ਨੂੰ ਗ਼ੁਲਾਮੀ ਦਿਵਸ ਵਜੋਂ ਮਨਾਉਣ, 14 ਅਗਸਤ ਤੋਂ ਤਿੰਨ ਦਿਨ ਲਈ ਬੱਸਾਂ ਦਾ ਚੱਕਾ ਜਾਮ ਕਰਕੇ 15 ਅਗਸਤ ਨੂੰ ਮੁੱਖ ਮੰਤਰੀ ਦਾ ਘਿਰਾਓ ਕਰਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਆਖ਼ਰ ਸਰਕਾਰ ਪਨਬੱਸ ਕਾਮਿਆਂ ਦੇ ਅੱਗੇ ਝੁਕ ਗਈ ਹੈ। ਮੁੱਖ ਮੰਤਰੀ ਨੇ ਕੱਚੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ 33 ਫ਼ੀਸਦੀ ਵਾਧਾ ਕਰਨ ਦਾ ਭਰੋਸਾ ਦਿੰਦਿਆਂ 20 ਅਗਸਤ ਨੂੰ ਯੂਨੀਅਨ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਦਾ ਸਮਾਂ ਦੇ ਦਿੱਤਾ ਹੈ।

ਸਰਕਾਰ ਨੇ ਡਿਪਟੀ ਕਮਿਸ਼ਨਰ ਜਲੰਧਰ ਰਾਹੀਂ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਜਨਰਲ ਸਕੱਤਰ ਜਸਬੀਰ ਸਿੰਘ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂਆਂ ਰੇਸ਼ਮ ਸਿੰਘ ਗਿੱਲ, ਬਲਿਹਾਰ ਸਿੰਘ ਅਤੇ ਹਰਪ੍ਰਰੀਤ ਕੌਰ ਸ਼ਹੀਦ ਕਿਰਨਜੀਤ ਕੌਰ ਈਜੀਐੱਸਏਆਈ,ਐੱਸਟੀਆਰ ਟੀਚਰ ਯੂਨੀਅਨ ਨੂੰ ਲਿਖਤੀ ਸੂਚਨਾ ਰਾਹੀਂ ਦਿੱਤੀ ਹੈ।

ਸਰਕਾਰ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ 14 ਅਗਸਤ ਤੋਂ ਤਿੰਨ ਦਿਨਾਂ ਲਈ ਕੀਤੀ ਜਾਣ ਵਾਲੀ ਹੜਤਾਲ ਵਾਪਸ ਲੈ ਲਈ ਹੈ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਲੰਧਰ ਵੱਲੋ ਮੁੱਖ ਮੰਤਰੀ ਪੰਜਾਬ ਨਾਲ 20 ਅਗਸਤ ਨੂੰ ਮੀਟਿੰਗ ਕਰਵਾਉਣ ਬਾਰੇ ਲਿਖਤੀ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਕੱਚੇ ਕਾਮਿਆਂ ਦੀ ਤਨਖ਼ਾਹ ਵਿਚ 33 ਫ਼ੀਸਦੀ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਡਰਾਈਵਰਾਂ ਤੇ ਕੰਡਕਟਰਾਂ ਦੀਆਂ ਰਿਪੋਰਟਾਂ ਦੀਆਂ ਸ਼ਰਤਾਂ ਵਿਚ ਸੋਧ ਦੀ ਮੰਗ 'ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ।

ਰੇਸ਼ਮ ਸਿੰਘ ਅਨੁਸਾਰ ਜੰਮੂ ਕਸ਼ਮੀਰ ਵਿਚ ਵਿਗੜੇ ਹਾਲਾਤ, ਰੱਖੜੀ ਦਾ ਤਿਓਹਾਰ ਹੋਣ ਕਰਕੇ ਬੱਸਾਂ ਦਾ ਚੱਕਾ ਜਾਮ ਕਰਕੇ ਹੜਤਾਲ ਕਰਨ ਅਤੇ ਮੁੱਖ ਮੰਤਰੀ ਦਾ ਘਿਰਾਓ ਕਰਨ ਦਾ ਫ਼ੈਸਲਾ ਮੁਲਤਵੀ ਕਰ ਦਿੱਤਾ ਗਿਆ ਹੈ। ਪਰ ਯੂਨੀਅਨ ਵੱਲੋਂ ਆਜ਼ਾਦੀ ਦਿਵਸ ਨੂੰ ਗ਼ੁਲਾਮੀ ਦਿਵਸ ਵਜੋਂ ਮਨਾਇਆ ਜਾਵੇਗਾ ਕਿਉਂਕਿ ਉਹ ਅੱਜ ਵੀ ਗ਼ੁਲਾਮੀ ਵਾਲਾ ਜੀਵਨ ਬਸਰ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਮੰਗਾਂ ਦਾ ਹੱਲ ਮੁੱਖ ਮੰਤਰੀ ਵੱਲੋਂ ਕੀਤਾ ਜਾਣਾ ਹੈ। ਮੁੱਖ ਮੰਤਰੀ ਵੱਲੋਂ ਯੂਨੀਅਨ ਆਗੂਆਂ ਨਾਲ ਮੀਟਿੰਗ ਕਰਨ ਦਾ ਸਮਾਂ ਦੇ ਦਿੱਤਾ ਗਿਆ ਹੈ।