ਸੁਖਵਿੰਦਰ ਥਿੰਦ, ਫਾਜ਼ਿਲਕਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਬੀਤੇ ਕੱਲ੍ਹ ਕੀਤੀ ਗਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੌਰਾਨ ਗੈਰਹਾਜ਼ਰ ਰਹਿਣ ਵਾਲੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਰੁਣ ਜਿੰਦਲ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਉਕਤ ਅਧਿਕਾਰੀ ਦੇ ਮੀਟਿੰਗ ਵਿਚ ਗੈਰਹਾਜ਼ਰ ਹੋਣ 'ਤੇ ਸਿੱਧੂ ਨੇ ਮੌਕੇ 'ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੂੰ ਫੋਨ ਕਰਕੇ ਗੈਰਹਾਜ਼ਰ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਸੀ ਸਗੋਂ ਸਿੱਧੂ ਨੇ ਬਾਜਵਾ ਨੂੰ ਲਿਖਤੀ ਨੋਟ ਵਿਚ ਕਿਹਾ ਸੀ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਉਨ੍ਹਾਂ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਕਰਨ ਲਈ 4 ਜੂਨ 2019 ਨੂੰ ਸੂਚਿਤ ਕੀਤਾ ਗਿਆ ਸੀ ਅਤੇ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਸਬੰਧੀ ਅਗਾਂਹ ਸਬੰਧਤ ਅਧਿਕਾਰੀਆਂ ਨੂੰ ਸੂਚਨਾ ਦੇ ਦਿੱਤੀ ਗਈ ਸੀ।

ਉਨ੍ਹਾਂ ਲਿਖਿਆ ਹੈ ਕਿ ਮੀਟਿੰਗ ਸ਼ੁਰੂ ਹੋਣ 'ਤੇ ਲੋਕਾਂ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੀਤੀਆਂ ਗਈਆਂ ਸ਼ਿਕਾਇਤਾਂ ਦਾ ਜਵਾਬ ਦੇਣ ਲਈ ਡੀਡੀਪੀਓ ਮੌਕੇ 'ਤੇ ਹਾਜ਼ਰ ਨਹੀਂ ਸੀ। ਉਸ ਦੀ ਗੈਰਹਾਜ਼ਰੀ ਨੂੰ ਲੈ ਕੇ ਮੈਂਬਰਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਸੀ।

ਉਨ੍ਹਾਂ ਲਿਖਿਆ ਹੈ ਕਿ ਡਿਪਟੀ ਕਮਿਸ਼ਨਰ ਨੇ ਵੀ ਇਸੇ ਦੌਰਾਨ ਅਧਿਕਾਰੀ ਨੂੰ ਮੀਟਿੰਗ ਵਿਚ ਹਾਜ਼ਰ ਹੋਣ ਲਈ ਕਿਹਾ ਪਰ ਇਸ ਦੇ ਬਾਵਜੂਦ ਉਹ ਹਾਜ਼ਰ ਨਾ ਹੋਇਆ। ਜੋ ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਘੋਰ ਉਲੰਘਣਾ ਹੈ। ਇਸ ਲਿਖਤੀ ਪੱਤਰ 'ਤੇ ਕਾਰਵਾਈ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਬਾਜਵਾ ਨੇ ਉਕਤ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ। ਮੁਅੱਤਲੀ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਾ ਮੁੱਖ ਦਫ਼ਤਰ ਮੋਹਾਲੀ ਵਿਖੇ ਬਣਾਇਆ ਗਿਆ ਹੈ।