ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਜਿਥੇ ਹੁਣ ਤਕ 2 ਕਰੋੜ 98 ਲੱਖ ਰੁਪਏ ਦੇ ਨਸ਼ੀਲੇ ਪਦਾਰਥ ਸਮੇਤ ਹੋਰ ਗ਼ੈਰ-ਕਾਨੂੰਨੀ ਪਦਾਰਥ ਜ਼ਬਤ ਕੀਤਾ ਗਿਆ ਹੈ, ਉਥੇ ਬੀਤੀ ਰਾਤ ਇਕ ਲੱਖ 86 ਹਜ਼ਾਰ 750 ਮਿਲੀ ਲੀਟਰ ਨਾਜਾਇਜ਼ ਸ਼ਰਾਬ ਜ਼ਬਤ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12 ਵਜੇ ਫਲਾਇੰਗ ਸੁਕਵੈਡ ਟੀਮ ਅਤੇ ਸਟੈਟਿਕ ਸਰਵੇਲੈਂਸ ਟੀਮ ਨੇ ਸੂਚਨਾ ਦੇ ਅਧਾਰ 'ਤੇ ਢੋਲਵਾਹਾ ਰੋਡ, ਹਰਿਆਣਾ ਦੀ ਵਰਕਸ਼ਾਪ ਦੀ ਪੁਲਿਸ ਪਾਰਟੀ ਸਮੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਦੇਖਿਆ ਕਿ ਵਰਕਸ਼ਾਪ 'ਚ ਨਾਜਾਇਜ਼ ਸ਼ਰਾਬ ਹੈ ਤੇ ਵਰਕਸ਼ਾਪ 'ਚ ਮੌਜੂਦ ਤਿੰਨ ਵਿਅਕਤੀਆਂ ਨੇ ਟੀਮ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਮੌਕੇ 'ਤੇ ਹੀ ਤਿੰਨਾਂ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਲਿਆ ਜਿਨ੍ਹਾਂ ਦੀ ਪਛਾਣ ਕੁਲਵੀਰ ਸਿੰਘ, ਚਰਨਜੀਤ ਸਿੰਘ ਤੇ ਸੰਦੀਪ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਉਕਤ ਤਿੰਨ ਵਿਅਕਤੀਆਂ ਖ਼ਿਲਾਫ਼ ਥਾਣਾ ਹਰਿਆਣਾ 'ਚ ਮਾਮਲਾ ਦਰਜ ਕਰ ਲਿਆ ਹੈ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਸ਼ਿਆਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਚੋਣਾਂ ਪਾਰਦਰਸ਼ੀ ਤੇ ਸ਼ਾਂਤੀਪੂਰਵਕ ਕਰਵਾਈਆਂ ਜਾਣਗੀਆਂ ਤੇ ਸ਼ਰਾਬ ਦੀ ਨਾਜਾਇਜ਼ ਵਰਤੋਂ ਕਰਨ ਵਾਲਿਆਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਨਸ਼ਿਆਂ ਖ਼ਿਲਾਫ਼ ਨਾਰਕੋਟਿਕ ਸੈਲ ਤੇ ਸਪੈਸ਼ਲ ਟਾਸਕ ਫੋਰਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੁਸ਼ਿਆਰਪੁਰ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ 'ਚ ਆਬਕਾਰੀ ਤੇ ਕਰ ਵਿਭਾਗ ਵੱਲੋਂ ਵੀ ਸ਼ਰਾਬ ਦੀ ਮੂਵਮੈਂਟ ਨੂੰ ਚੈਕ ਕਰਨ ਲਈ ਸਪੈਸ਼ਲ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ 24 ਘੰਟੇ ਜਾਂਚ ਕਰ ਰਹੀਆਂ ਹਨ। ਇਸ ਤੋਂ ਇਲਾਵਾ ਬਲਕ 'ਚ ਵਿਕਰੀ ਰੋਕਣ ਲਈ ਸ਼ਰਾਬ ਦੇ ਠੇਕਿਆਂ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਸਹਾਇਕ ਰਿਟਰਨਿੰਗ ਅਫ਼ਸਰ ਸ਼ਾਮਚੁਰਾਸੀ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ ਨੇ ਦੱਸਿਆ ਕਿ ਉਕਤ ਵਰਕਸ਼ਾਪ 'ਚੋਂ ਬਰਾਮਦ ਨਾਜਾਇਜ਼ ਸ਼ਰਾਬ ਬਿਨ੍ਹਾਂ ਪਰਮਿਟ ਤੇ ਬਿਨ੍ਹਾਂ ਲਾਈਸੈਂਸ ਦੇ ਸਟੋਰ ਕੀਤੀ ਗਈ ਸੀ।