ਜਤਿੰਦਰ ਪੰਮੀ/ਮਨਜੀਤ ਮੱਕੜ, ਜਲੰਧਰ/ਗੁਰਾਇਆ : ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਉਣ ਦਾ ਮੁੱਖ ਮਕਸਦ ਸਮਾਜ ਦੇ ਹਰ ਵਰਗ ਦੇ ਸਰਵਪੱਖੀ ਵਿਕਾਸ ਦੇ ਨਾਲ਼-ਨਾਲ਼ ਸਭ ਲਈ ਨਿਆਂ ਤੇ ਬਰਾਬਰਤਾ ਯਕੀਨੀ ਬਣਾਉਂਦੇ ਹੋਏ ਪਿੰਡ ਦੇ ਲੋਕਾਂ ਦਾ ਜੀਵਨ ਪੱਧਰ ਸੁਧਾਰਨਾ ਹੈ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਗੁਰਾਇਆ ਅਧੀਨ ਪੈਂਦੇ ਪਿੰਡ ਸੰਗ ਢੇਸੀਆਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਾਏ ਗਏ ਕੈਂਪ ਦਾ ਉਦਘਾਟਨ ਕਰਨ ਮੌਕੇ ਕੀਤਾ। ਕੈਂਪ ਦੇ ਉਦਘਾਟਨ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿਕਰਮਜੀਤ ਸਿੰਘ ਚੌਧਰੀ ਵੀ ਮੌਜੂਦ ਸਨ। ਇਸ ਮੌਕੇ ਚੌਧਰੀ ਸੰਤੋਖ ਸਿੰਘ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ ਗਈ।

ਐੱਮਪੀ ਸੰਤੋਖ ਸਿੰਘ ਚੌਧਰੀ ਨੇ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀ ਖੁਸ਼ਹਾਲੀ ਵਿਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਉਣ ਦੀ ਨਿਵੇਕਲੀ ਪਹਿਲ ਰਾਹੀਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਪਹੰੁਚਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਲੋਕਾਂ ਦੀਆਂ ਸਮੱਸਿਆਵਾਂ ਦਾ ਇਕੋ ਛੱਤ ਹੇਠ ਹੱਲ ਕਰਨ ਲਈ ਇਹ ਕੈਂਪ ਇਕ ਮੰਚ ਪ੍ਰਦਾਨ ਕਰ ਰਹੇ ਹਨ।

ਇਸ ਤੋਂ ਪਹਿਲਾਂ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ ਬਾਰੇ ਲੋਕਾਂ ਨੂੰ ਜਾਗਰੂਕ ਕਰਦਿਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ। ਜਨਰਲ ਸਕੱਤਰ ਪੰਜਾਬ ਕਾਂਗਰਸ ਕਮੇਟੀ ਵਿਕਰਮਜੀਤ ਸਿੰਘ ਚੌਧਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਤੇ ਵਿਕਾਸ ਕਾਰਜਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।

——

1321 ਲਾਭਪਾਤਰੀਆਂ ਨੇ ਉਠਾਇਆ ਲਾਭ

ਇਸ ਕੈਂਪ ਨੂੰ ਲੋਕਾਂ ਵੱਲੋਂ ਵੱਡਾ ਹੁੰਗਾਰਾ ਦਿੱਤਾ ਗਿਆ ਤੇ 1321 ਲਾਭਪਾਤਰੀਆਂ ਵੱਲੋਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਉਠਾਇਆ ਗਿਆ। ਇਹ ਕੈਂਪ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਨੂੰ ਉਨ੍ਹਾਂ ਦੇ ਦਰਾਂ 'ਤੇ ਇਕੋ ਛੱਤ ਹੇਠ ਪ੍ਰਦਾਨ ਕਰਨ ਦੇ ਮੰਤਵ ਨਾਲ ਲਾਇਆ ਗਿਆ। ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ, ਖੇਤੀਬਾੜੀ, ਸਹਿਕਾਰਤਾ, ਰੋਜ਼ਗਾਰ, ਮਾਲ ਅਤੇ ਹੋਰ ਕਈ ਅਹਿਮ ਵਿਭਾਗਾਂ ਵੱਲੋਂ ਵੱਖ-ਵੱਖ ਸਟਾਲ ਲਗਾ ਕੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਗਿਆ।