ਜਲੰਧਰ : ਸ਼ਹਿਰ ਦੀ ਬੂਟਾ ਮੰਡੀ 'ਚ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਸਮਰਥਨ 'ਚ ਚੋਣ ਰੈਲੀ ਹੋਈ। ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਨੂੰ ਸਮਰਪਿਤ ਇਸ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਮੌਜੂਦ ਸਨ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਦਲਿਤਾਂ ਨੂੰ ਦਬਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਕੱਲੇ ਅਕਾਲੀ-ਭਾਜਪਾ ਗਠਜੋੜ ਨੇ ਹਮੇਸ਼ਾ ਦਲਿਤਾਂ ਨੂੰ ਅੱਗੇ ਵਧਣ ਦਾ ਮੌਕਾ ਦਿੱਤਾ ਹੈ। ਪੰਜਾਬ 'ਚ ਅਕਾਲੀ-ਭਾਜਪਾ ਸਰਕਾਰ ਵੇਲੇ ਸ਼ਗਨ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਮੇਤ ਕਈ ਯੋਜਨਾਵਾਂ ਉਨ੍ਹਾਂ ਨੂੰ ਅੱਗੇ ਲਿਆਉਣ ਲਈ ਸ਼ੁਰੂ ਕੀਤੀਆਂ ਗਈਆਂ ਸਨ।

ਸੁਖਬੀਰ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ਜਾਰੀ ਨਾ ਕਰ ਕੇ ਸਟੂਡੈਂਟਸ ਦੀ ਪੜ੍ਹਾਈ 'ਚ ਅੜਿੱਕਾ ਪਾਇਆ ਹੈ ਤੇ ਇਹ ਮਹਾਪਾਪ ਹੈ। ਕਾਂਗਰਸ ਕਦੀ ਨਹੀਂ ਚਾਹੁੰਦੀ ਕਿ ਦਲਿਤ ਪੜ੍ਹਨ ਤੇ ਅੱਗੇ ਵਧਣ। ਉਨ੍ਹਾਂ ਅਕਾਲੀ-ਭਾਜਪਾ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੂੰ ਇਕ ਸੁਲਝਿਆ ਹੋਇਆ ਆਗੂ ਦੱਸਿਆ ਤੇ ਉਨ੍ਹਾਂ ਲ਼ਈ ਵੋਟ ਮੰਗੇ।

ਅਟਵਾਲ ਨੇ ਚੌਧਰੀ 'ਤੇ ਚਲਾਏ ਸਿਆਸੀ ਤੀਰ, ਕਹਿ ਦਿੱਤੀ ਇਹ ਗੱਲ

ਇਸ ਮੌਕੇ ਅਕਾਲੀ ਉਮੀਦਵਾਰ ਅਟਵਾਲ ਨੇ ਕਾਂਗਰਸ ਉਮੀਦਵਾਰ ਤੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ 'ਤੇ ਜ਼ੋਰਦਾਰ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਜੇ ਚੌਧਰੀ ਸੰਤੋਖ ਸਿੰਘ ਮਾਸਟਰ ਗੁਰਬੰਤਾ ਸਿੰਘ ਦੇ ਬੇਟੇ ਹਨ ਤਾਂ ਉਹ ਇਸ ਗੱਲ ਲਈ ਮਾਫ਼ੀ ਮੰਗਣ ਕਿ ਉਨ੍ਹਾਂ ਦੇ ਪਿਤਾ ਨੇ ਡਾ.ਅੰਬੇਡਕਰ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਸਨ। ਰੈਲੀ 'ਚ ਸੁਖਬੀਰ ਬਾਦਲ ਤੋਂ ਇਲਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਮੋਹਿੰਦਰ ਭਗਤ ਆਦਮਪੁਰ ਤੇ ਵਿਧਾਇਕ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ।

Posted By: Amita Verma