ਪੰਜਾਬੀ ਜਾਗਰਣ ਟੀਮ, ਮੋਗਾ/ਨਿਹਾਲ ਸਿੰਘ ਵਾਲਾ/ਬਾਘਾਪੁਰਾਣਾ : ਪਟਿਆਲਾ ਵਿਖੇ ਪੰਜਾਬ ਸਰਕਾਰ ਦੀ ਸਹਿ 'ਤੇ ਪੁਲਿਸ ਵੱਲੋਂ ਅਧਿਆਪਕਾਂ 'ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ 'ਚ ਮੰਗਲਵਾਰ ਨੂੰ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਮੋਗਾ ਸ਼ਹਿਰ, ਕਸਬਾ ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ 'ਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ। ਅਧਿਆਪਕ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਕੁੱਟ ਰਹੀ ਹੈ, ਜਦਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਪਹਿਲੀ ਕੈਬਨਿਟ ਮੀਟਿੰਗ 'ਚ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।