ਸਟਾਫ ਰਿਪੋਰਟਰ ਪਟਿਆਲਾ- ਪੰਚਾਂ, ਸਰਪੰਚਾਂ ਤੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਹੁੰ ਚੁਕਵਾਈ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਸਮੂਹ ਨਵੇਂ ਚੁਣੇ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਡੈਪੋ ਵਲੰਟੀਅਰਾਂ ਵੱਜੋਂ ਵੀ ਸਹੁੰ ਚੁਕਾਵਾਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 'ਨਸ਼ਾ ਮੁਕਤ ਪੰਜਾਬ' ਦੇ ਲਏ ਗਏ ਸੰਕਲਪ ਨੂੰ ਪੂਰਾ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਅਰੰਭੇ ਗਏ ਡੈਪੋ ਪ੍ਰਾਜੈਕਟ ਤਹਿਤ ਹਰ ਪਿੰਡ ਦੀ ਪੰਚਾਇਤ ਸਮੇਤ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਮੈਂਬਰਾਂ ਨੂੰ ਵੀ ਜੋੜਿਆ ਜਾ ਰਿਹਾ ਹੈ ਤਾਂ ਕਿ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਜੰਗ 'ਚ ਆਮ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾ ਸਕੇ।

ਜ਼ਿਲ੍ਹਾ ਪਟਿਆਲਾ ਦੀਆਂ 1036 ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ 6299 ਪੰਚਾਇਤ ਮੈਂਬਰਾਂ, ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ 25 ਮੈਂਬਰਾਂ ਤੇ 9 ਬਲਾਕ ਸੰਮਤੀਆਂ ਦੇ 193 ਮੈਂਬਰਾਂ ਸਮੇਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਗ੍ਰਾਮ ਪੰਚਾਇਤਾਂ ਦੇ 426 ਸਰਪੰਚਾਂ ਅਤੇ 2433 ਪੰਚਾਇਤ ਮੈਂਬਰਾਂ ਸਮੇਤ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ 10 ਮੈਂਬਰਾਂ ਅਤੇ 5 ਬਲਾਕ ਸੰਮਤੀਆਂ ਦੇ 77 ਮੈਂਬਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ। ਮੰਚ ਤੇ ਸੀਐਮ ਕੈਪਟਨ ਅਮਰਿੰਦਰ ਸਿੰਘ, ਸਿਹਤ ਮੰਤਰੀ ਬ੍ਰਹਿਮ ਮਹਿੰਦਰਾ, ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਵਿਧਾਇਕ ਮਦਨ ਲਾਲ ਜਲਾਲਪੁਰ ਤੇ ਹੋਰ ਕਾਂਗਰਸੀ ਲਿਡਰ ਪੁੱਜੇ। ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਪੰਜਾਬ ਦੇ ਪਿੰਡਾਂ ਨੂੰ ਨਸ਼ਾ ਮੁਕਤ ਅਤੇ ਸਮਾਜ ਨੂੰ ਭ੍ਰਿਸ਼ਟਾਚਾਰ ਮੁਕਤ ਕਰਨਾ ਹੈ। ਇਸ ਲਈ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚੋਂ ਚੁਣੇ ਗਏ ਨਵੇਂ ਸਰਪੰਚ ਆਪਣਾ ਫਰਜ਼ ਨਿਭਾਉਣਗੇ। ਨਾਲ ਹੀ ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਵਰਤੀ ਜਾਵੇਗੀ।

Posted By: Amita Verma