ਬੂਟਾ ਸਿੰਘ ਚੌਹਾਨ, ਸੰਗਰੂਰ :

ਪਟਿਆਲਾ ਵਿਖੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰਦੇ ਅਧਿਆਪਕਾਂ ਤੇ ਲਾਠੀਚਾਰਜ ਕਰਨ ਖ਼ਿਲਾਫ਼ ਪੰਜਾਬ ਸਰਕਾਰ ਦੀ ਅਰਥੀ ਸਾੜਕੇ ਮੁਜ਼ਾਹਰਾ ਕਰਦਿਆਂ ਜ਼ਮੀਨ ਪ੍ਾਪਤੀ ਸੰਘਰਸ਼ ਕਮੇਟੀ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਜ਼ਮੀਨ ਪ੍ਾਪਤੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਬਲਵਿੰਦਰ ਝਲੂਰ ਅਤੇ ਪਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਹੱਕੀ ਸੰਘਰਸ਼ਾਂ ਨੂੰ ਕੁਚਲਣ ਦੇ ਰਾਹ ਪਈ ਹੈ। ਚੋਣਾਂ 'ਚ ਕੀਤੇ ਵਾਅਦੇ ਵਫ਼ਾ ਨਹੀਂ ਹੋ ਰਹੇ। ਕਿਸਾਨਾਂ ਦੀਆਂ ਖੁਦਕੁਸ਼ੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਦਲਿਤਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਨਿੱਜੀਕਰਨ ਦੀਆਂ ਨੀਤੀਆਂ ਤਹਿਤ ਸਰਕਾਰੀ ਹਸਪਤਾਲਾਂ, ਸਕੂਲਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅਧਿਆਪਕਾਂ ਉੱਪਰ ਪਾਣੀ ਦੀਆਂ ਬੌਛਾੜਾਂ, ਅੰਨ੍ਹੇਵਾਹ ਲਾਠੀਚਾਰਜ ਕਰਕੇ ਦਰਜਨਾਂ ਅਧਿਆਪਕਾਂ ਨੂੰ ਜ਼ਖ਼ਮੀ ਕਰਨਾ ਅਤੇ ਵਾਰ-ਵਾਰ ਮੀਟਿੰਗ ਦਾ ਵਾਅਦਾ ਕਰਕੇ ਮੁੱਖ ਮੰਤਰੀ ਵੱਲੋਂ ਮੁੱਕਰ ਜਾਣਾ ਸਰਕਾਰ ਦੀ ਨਾਕਾਮੀ ਹੈ। ਉਨ੍ਹਾਂ ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ ਕਰਨ ਦਾ ਐਲਾਨ ਕੀਤਾ।