ਤਰਨਤਾਰਨ : ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਏਐੱਸਆਈ ਨਿਰਮਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੇ ਸੀ।

ਇਸ ਦੌਰਾਨ ਜਦੋਂ ਉਹ ਪਿੰਡ ਦੁਬਲੀ ਨੇੜੇ ਪੁੱਜੇ ਤਾਂ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਜਿਸ ਨੇ ਹੱਥ 'ਚ ਫੜੇ ਲਿਫਾਫੇ ਨੂੰ ਸੜਕ ਕੰਢੇ ਸੁੱਟ ਦਿੱਤਾ। ਸ਼ੱਕ ਦੇ ਅਧਾਰ 'ਤੇ ਪੁਲਿਸ ਨੇ ਨੌਜਵਾਨ ਨੂੰ ਕਾਬੂ ਕਰ ਕੇ ਸੁੱਟਿਆ ਲਿਫਾਫਾ ਚੈੱਕ ਕੀਤਾ ਤਾਂ ਉਸ 'ਚੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ।

ਪੁੱਛਗਿੱਛ ਦੌਰਾਨ ਨੌਜਵਾਨ ਨੇ ਆਪਣੀ ਪਛਾਣ ਸੁਖਬੀਰ ਸਿੰਘ ਉਰਫ ਸੁੱਖ ਪੁੱਤਰ ਦਿਲਬਾਗ ਸਿੰਘ ਵਾਸੀ ਬਰਵਾਲਾ ਦੇ ਤੌਰ 'ਤੇ ਦੱਸੀ। ਉਨ੍ਹਾਂ ਕਿਹਾ ਕਿ ਫੜੇ ਗਏ ਨੌਜਵਾਨ ਦਾ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ, ਜਿਸ ਤੋਂ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।