ਪ੍ਰਤਾਪ ਸਿੰਘ, ਤਰਨਤਾਰਨ : ਪਿੰਡ ਬਾਕੀਪੁਰ ਨੇੜੇ ਕਾਰ 'ਤੇ ਜਾ ਰਹੇ ਨੌਜਵਾਨਾਂ 'ਤੇ ਡੇਢ ਦਰਜਨ ਲੋਕਾਂ ਵੱਲੋਂ ਤੇਜ਼ਧਾਰ ਹਥਿਆਰਾਂ ਅਤੇ ਗੋਲੀਆਂ ਚਲਾਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਦਕਿ ਦੋ ਨੌਜਵਾਨ ਜ਼ਖ਼ਮੀ ਹੋ ਗਏ। ਝਗੜੇ ਦਾ ਕਾਰਨ ਬੀਤੇ ਦਿਨੀਂ ਆਪਸ ਵਿਚ ਕਾਰਾਂ ਦੀ ਟੱਕਰ ਹੋਣਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਹਮਲਾਵਰਾਂ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ। ਜਦਕਿ ਮੁਲਜ਼ਮ ਅਜੇ ਫਰਾਰ ਦੱਸੇ ਜਾ ਰਹੇ ਹਨ।

ਗੁਰਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਨੂਰਦੀ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਉਸ ਦੇ ਚਾਚੇ ਦੇ ਲੜਕੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਝਿਰਮਲ ਸਿੰਘ ਦੇ ਦੋਸਤ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਮਨਜੀਤ ਸਿੰਘ ਵਾਸੀ ਮਾਣੋਚਾਹਲ ਦੀ ਕਾਰ ਰਾਜਾ ਪੁੱਤਰ ਬਿੱਲੂ, ਅਕਾਸ਼ ਪੁੱਤਰ ਬਿੱਟੂ, ਉਸ ਦਾ ਭਰਾ ਸੁਖਪਾਲ ਸਿੰਘ ਵਾਸੀ ਬਾਕੀਪੁਰ ਦੀ ਕਾਰ ਨਾਲ ਟਕਰਾ ਗਈ ਸੀ। ਮਨਪ੍ਰੀਤ ਸਿੰਘ ਨਾਲ ਰੰਜਿਸ਼ ਰੱਖ ਰਹੇ ਸੀ ਅਤੇ ਉਸ ਨੂੰ ਧਮਕੀਆਂ ਦੇਣ ਲੱਗ ਪਏ ਕਿ ਉਸ ਨੂੰ ਰਸਤੇ ਵਿਚ ਹੀ ਮਾਰ ਦੇਣਾ ਹੈ।

ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਅਤੇ ਹਰਪ੍ਰੀਤ ਸਿੰਘ ਹੈਪੀ ਦੋਸਤ ਮਨਪ੍ਰੀਤ ਸਿੰਘ ਨੂੰ ਉਸ ਦੇ ਪਿੰਡ ਮਾਣੋਚਾਹਲ ਛੱਡਣ ਲਈ ਰਾਤ 8 ਵਜੇ ਜਾ ਰਹੇ ਸੀ। ਇਸ ਦੌਰਾਨ ਰਾਜਾ, ਅਕਾਸ਼, ਸੁਖਪਾਲ ਨੇ ਆਪਣੇ ਇਕ ਦਰਜਨ ਤੋਂ ਵੱਧ ਅਣਪਛਾਤੇ ਲੋਕਾਂ ਨਾਲ ਉਨ੍ਹਾਂ ਨੂੰ ਬਾਕੀਪੁਰ ਭੱਠੇ ਨੇੜੇ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾਵਰਾਂ ਵੱਲੋਂ ਪਿਸਤੌਲ ਨਾਲ ਗੋਲੀਆਂ ਵੀ ਚਲਾਈਆਂ ਗਈਆਂ ਜਿਸ ਕਾਰਨ ਹਰਪ੍ਰੀਤ ਸਿੰਘ ਹੈਪੀ ਦੇ ਚਾਰ ਗੋਲੀਆਂ ਲੱਗੀਆਂ ਅਤੇ ਉਸ ਦੀ ਮੌਤ ਹੋ ਗਈ। ਰੌਲਾ ਪਾਉਣ 'ਤੇ ਹਮਲਾਵਰ ਫਰਾਰ ਹੋ ਗਏ। ਇਸ ਦੀ ਸ਼ਿਕਾਇਤ ਉਸ ਨੇ ਪੁਲਿਸ ਨੂੰ ਕਰ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਮੁਖੀ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਮਲਾਵਰਾਂ ਦੇ ਖਿਲਾਫ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ। ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Posted By: Seema Anand